
ਪਟਿਆਲਾ
ਬਿਊਰੋ ਰਿਪੋਰਟ
3 ਜਨਵਰੀ 2026
ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਲਈ ਪਹਿਲੀ ਵਾਰ ਕੋਹਰੇ ਅਤੇ ਸੀਤ ਲਹਿਰ (ਕੋਲਡ ਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਆਉਣ ਵਾਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਵਿਭਾਗ ਵੱਲੋਂ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 7 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।
ਜੇਕਰ ਪੰਜਾਬ ਵਿਚ ਧੁੰਦ ਅਤੇ ਵਿਜ਼ੀਬਿਲਟੀ ਦੀ ਸਥਿਤੀ ਬਾਰੇ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਸਿਫ਼ਰ (ਜ਼ੀਰੋ) ਦਰਜ ਕੀਤੀ ਗਈ ਹੈ। ਧੁੰਦ ਕਾਰਨ ਚੰਡੀਗੜ੍ਹ ਏਅਰਪੋਰਟ ‘ਤੇ 10 ਫਲਾਈਟਾਂ ਪ੍ਰਭਾਵਿਤ ਹੋਈਆਂ ਹਨ, ਜਦਕਿ ਅੰਮ੍ਰਿਤਸਰ ਏਅਰਪੋਰਟ ‘ਤੇ ਵੀ ਉਡਾਣਾਂ ‘ਤੇ ਅਸਰ ਪਿਆ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
