ਸ਼੍ਰੀ ਫਤਿਹਗੜ੍ਹ ਸਾਹਿਬ
19 ਦਸੰਬਰ 2025
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲਗਭਗ 50 ਲੱਖ ਸ਼ਰਧਾਲੂਆਂ ਦੇ ਨਤਮਸਤਕ ਹੋਣ ਲਈ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਿਤ ਕਰਦੇ ਹੋਏ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਹ ਪ੍ਰਣ ਦਿਵਾਇਆ ਜਾਵੇਗਾ, ਕਿ ਉਹ ਮਰਨ ਉਪਰੰਤ ਅੰਗ ਦਾਨ ਕਰਕੇ ਹੋਰ ਨਾਲ ਲੋੜਵੰਦਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣਗੇ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਤੋਂ ਲੀਵਰ ਟਰਾਂਸਪਲਾਂਟ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਕਿਡਨੀ ਟਰਾਂਸਪਲਾਂਟ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਚੰਗੇ ਕਾਰਜਾਂ ਵਿੱਚ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਠੰਡ ਦਾ ਮੌਸਮ ਹੋਣ ਕਾਰਨ ਸੰਗਤਾਂ ਲਈ ਸਰਵੋਤਮ ਮੈਡੀਕਲ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਤਹਿਤ ਜਿੱਥੇ ਮਹਿਜ਼ 500 ਮੀਟਰ ਦੀ ਦੂਰੀ ਉੱਤੇ ਆਰਜ਼ੀ ਆਮ ਆਦਮੀ ਕਲੀਨਿਕ ਸੇਵਾਵਾਂ ਪ੍ਰਦਾਨ ਕਰਨਗੇ ਉਥੇ ਹੀ 24 ਘੰਟੇ ਐਮਰਜੈਂਸੀ ਸੇਵਾਵਾਂ ਅਤੇ ਡਿਸਪੈਂਸਰੀਆਂ ਵਿੱਚ ਮਾਹਿਰ ਡਾਕਟਰ ਤੈਨਾਤ ਰਹਿਣਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 20 ਆਰਜ਼ੀ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਇਸ ਦੌਰਾਨ 60 ਦੇ ਕਰੀਬ ਐਬੂਲੈਂਸਾਂ, ਲੋੜਵੰਦਾਂ ਨੂੰ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਰਹਿਣਗੀਆਂ। ਉਹਨਾਂ ਇਹ ਵੀ ਦੱਸਿਆ ਕਿ ਕ੍ਰਿਟੀਕਲ ਕੇਅਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰਾਂ ਦੀ ਜੀਵਨ ਰੱਖਿਅਕ ਸਿਹਤ ਸੁਵਿਧਾ ਦਾ ਪ੍ਰਬੰਧ ਹੋਵੇਗਾ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਅਤੇ 26 ਦਸੰਬਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ਼ਰਧਾਲੂ ਸਵੈ ਇੱਛਾ ਨਾਲ ਖੂਨਦਾਨ ਕਰ ਸਕਣਗੇ। ਉਹਨਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਲੋੜ ਅਨੁਸਾਰ ਹੀ ਖੂਨ ਇਕੱਤਰ ਕੀਤਾ ਜਾਵੇਗਾ ਅਤੇ ਖੂਨਦਾਨੀਆਂ ਦੀ ਗਿਣਤੀ ਵਧਣ ਤੇ ਉਹਨਾਂ ਦਾ ਨਾਮ ਰਜਿਸਟਰ ਕਰ ਲਿਆ ਜਾਵੇਗਾ ਤਾਂ ਜੋ ਭਵਿੱਖੀ ਲੋੜ ਅਨੁਸਾਰ ਖੂਨਦਾਨ ਕਰਵਾਇਆ ਜਾ ਸਕੇ।

