
ਪਟਿਆਲਾ
21 ਜਨਵਰੀ 2026
ਬਿਊਰੋ ਰਿਪੋਰਟ
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਲਈ 21 ਤੋਂ 24 ਜਨਵਰੀ ਤੱਕ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ, ਬਿਜਲੀ ਲਿਸ਼ਕਣ ਦੇ ਨਾਲ-ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਦੇ ਇਸ ਬਦਲਾਅ ਕਾਰਨ ਆਵਾਜਾਈ ਅਤੇ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਸਕਦਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਵਿਭਾਗ ਮੁਤਾਬਕ 21 ਜਨਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਆਸਪਾਸ ਦੇ ਇਲਾਕਿਆਂ ਵਿਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਜਦਕਿ ਕਈ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ ਵਿਚ ਕੋਈ ਵੱਡੀ ਚੇਤਾਵਨੀ ਨਹੀਂ ਹੈ।
22 ਜਨਵਰੀ ਤੋਂ ਮੌਸਮ ‘ਚ ਵੱਡਾ ਬਦਲਾਅ ਆਉਣ ਦੇ ਆਸਾਰ ਹਨ। ਸੂਬੇ ਦੇ ਕਈ ਹਿੱਸਿਆਂ ਵਿਚ ਬਿਜਲੀ ਲਿਸ਼ਕਣ ਨਾਲ ਮੀਂਹ ਪੈ ਸਕਦਾ ਹੈ। ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਕੜਕਣ ਦੇ ਨਾਲ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। 23 ਜਨਵਰੀ ਨੂੰ ਉੱਤਰੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਗੁਰਦਾਸਪੁਰ, ਪਠਾਨਕੋਟ ਅਤੇ ਨੇੜਲੇ ਇਲਾਕਿਆਂ ਵਿਚ ਮੌਸਮ ਹੋਰ ਜ਼ਿਆਦਾ ਪ੍ਰਭਾਵਿਤ ਹੋ ਸਕਦਾ ਹੈ।
