ਵਾਸ਼ਿੰਗਟਨ (31 ਜੁਲਾਈ, 2026)
ਅਮਰੀਕਾ ਦੀ ਟਰੰਪ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਵਾਲ ਸਟ੍ਰੀਟ ਜਰਨਲ ਦੀ ਰਿਪੋਰਟ ਅਨੁਸਾਰ, ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ (DHS) ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਕਰੀ ਕਰਨ ਦੇ ਚਾਹਵਾਨ ਵਿਦੇਸ਼ੀ ਵਿਦਿਆਰਥੀਆਂ ਲਈ 1,00,000 ਅਮਰੀਕੀ ਡਾਲਰ (ਲਗਭਗ 87 ਲੱਖ ਰੁਪਏ) ਦੀ ਭਾਰੀ ਫੀਸ ਲਗਾਉਣ ਦੇ ਇੱਕ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ। ਇਹ ਫੀਸ ‘ਆਪਸ਼ਨਲ ਪ੍ਰੈਕਟੀਕਲ ਟ੍ਰੇਨਿੰਗ’ (OPT) ਪ੍ਰੋਗਰਾਮ ‘ਤੇ ਲਾਗੂ ਹੋ ਸਕਦੀ ਹੈ, ਜੋ F-1 ਵੀਜ਼ਾ ‘ਤੇ ਆਏ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ।
ਜੇਕਰ ਇਹ ਨਿਯਮ ਲਾਗੂ ਹੁੰਦਾ ਹੈ, ਤਾਂ ਇਸ ਦਾ ਸਭ ਤੋਂ ਵੱਡਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ। ਅਮਰੀਕਾ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਵਿੱਚ ਭਾਰਤੀ ਸਭ ਤੋਂ ਵੱਡੀ ਗਿਣਤੀ ਵਿੱਚ ਹਨ ਅਤੇ ਉਹ ਹੀ OPT ਪ੍ਰੋਗਰਾਮ ਦਾ ਸਭ ਤੋਂ ਵੱਧ ਲਾਭ ਉਠਾਉਂਦੇ ਹਨ। STEM (ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ, ਅਤੇ ਮੈਥ) ਦੇ ਵਿਦਿਆਰਥੀ OPT ਰਾਹੀਂ 3 ਸਾਲ ਤੱਕ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਇੰਨੀ ਮਹਿੰਗੀ ਫੀਸ ਕਾਰਨ ਕਈ ਭਾਰਤੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਲਗਭਗ ਅਸੰਭਵ ਹੋ ਸਕਦਾ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕੀ ਪ੍ਰਸ਼ਾਸਨ ਨੇ H-1B ਵੀਜ਼ਾ ‘ਤੇ $1,00,000 ਦੀ ਫੀਸ ਲਗਾਉਣ ਦਾ ਪ੍ਰਸਤਾਵ ਰੱਖਿਆ ਸੀ, ਜਿਸ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਸੀ। ਹਾਲਾਂਕਿ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ OPT ਫੀਸ ਦਾ ਪ੍ਰਸਤਾਵ ਅਜੇ ਵਿਚਾਰ ਅਧੀਨ ਹੈ ਅਤੇ ਅੰਤਿਮ ਫੈਸਲਾ ਹੋਣਾ ਬਾਕੀ ਹੈ। ਪਰ ਜੇਕਰ ਇਹ ਕਦਮ ਚੁੱਕਿਆ ਜਾਂਦਾ ਹੈ, ਤਾਂ ਇਹ ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਨੂੰ ਆਪਣੀ ਪੜ੍ਹਾਈ ਅਤੇ ਕਰੀਅਰ ਦੀ ਪਹਿਲੀ ਪਸੰਦ ਬਣਾਉਣਾ ਕਾਫ਼ੀ ਮੁਸ਼ਕਲ ਕਰ ਦੇਵੇਗਾ।




