ਕਪੂਰਥਲਾ: (17 ਅਗਸਤ 2026)
ਸੁਲਤਾਨਪੁਰ ਲੋਧੀ ਦੇ ਪਿੰਡ ਸਰਦੁੱਲਾਪੁਰ ਵਿੱਚ ਗੋਲੀਆਂ ਚੱਲਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰਿੰਗ ਦੌਰਾਨ 25 ਸਾਲਾ ਨੌਜਵਾਨ ਸੁਖਦੀਪ ਸਿੰਘ ਪੁੱਤਰ ਜੱਸਾ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਨੌਜਵਾਨ ਦੇ ਚਿਹਰੇ ਦੇ ਖੱਬੇ ਪਾਸੇ ਗੋਲੀ ਲੱਗੀ ਹੈ।
ਜਾਣਕਾਰੀ ਮੁਤਾਬਕ, ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੁਝ ਵਿਅਕਤੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਉਂਦੇ ਅਤੇ ਫਿਰ ਵਾਪਸ ਜਾਂਦੇ ਕੈਦ ਹੋਏ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਜ਼ਖਮੀ ਸੁਖਦੀਪ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ। ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉੱਚ ਇਲਾਜ ਲਈ ਅੱਗੇ ਰੈਫਰ ਕਰ ਦਿੱਤਾ। ਪਰਿਵਾਰ ਮੁਤਾਬਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਭਰਾ ਨੇ ਦੱਸੀ ਹਮਲੇ ਦੀ ਪੂਰੀ ਕਹਾਣੀ
ਜ਼ਖਮੀ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਪਹਿਲਾਂ ਵੀ ਉਸ ਦੇ ਛੋਟੇ ਭਰਾਵਾਂ ’ਤੇ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ। ਉਸ ਨੇ ਦੋਸ਼ ਲਗਾਇਆ ਕਿ ਹੁਣ ਮੁੜ ਗੋਲੀਬਾਰੀ ਕਰਕੇ ਸੁਖਦੀਪ ਸਿੰਘ ਨੂੰ ਗੰਭੀਰ ਜ਼ਖਮੀ ਕੀਤਾ ਗਿਆ ਹੈ।
ਭਰਾ ਮੁਤਾਬਕ, ਹਮਲਾਵਰ ਕਾਲੇ ਰੰਗ ਦੀ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਉਹ ਡਰ ਅਤੇ ਚਿੰਤਾ ਦੇ ਮਾਹੌਲ ਵਿੱਚ ਹਨ।
ਪਿੰਡ ਵਾਸੀਆਂ ’ਚ ਦਹਿਸ਼ਤ
ਪਿੰਡ ਵਾਸੀ ਕਰਮਾ ਨੇ ਕਿਹਾ ਕਿ ਗੋਲੀਬਾਰੀ ਦੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।
ਪੁਲਿਸ ਵੱਲੋਂ ਜਾਂਚ ਜਾਰੀ
ਥਾਣਾ ਕਬੀਰਪੁਰ ਦੇ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨ ਦੇ ਬਿਆਨ ਹਾਸਲ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ, ਗੋਲੀਬਾਰੀ ਦੇ ਕਾਰਨਾਂ ਅਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਤੇ ਹਮਲਾਵਰਾਂ ਬਾਰੇ ਪੂਰੀ ਜਾਣਕਾਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।






