(9 ਸਤੰਬਰ 2026) ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਰੋਸ ਅਤੇ ਹੜਤਾਲ ਨੂੰ ਲੈ ਕੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਗੱਲਬਾਤ ਤੋਂ ਬਾਅਦ ਸਹਿਮਤੀ ਬਣਨ ਦੀ ਜਾਣਕਾਰੀ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਬਿਤ ਮਹਿੰਗਾਈ ਭੱਤੇ (DA) ਦੀਆਂ ਕਿਸ਼ਤਾਂ, ਬਕਾਏ ਅਤੇ ਹੋਰ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ। ਇਸੇ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਵੀ ਪ੍ਰਭਾਵਿਤ ਹੋਇਆ ਸੀ।
‘ਨੋ ਵਰਕ ਨੋ ਪੇ’ ਨੂੰ ਲੈ ਕੇ ਵੀ ਵੱਡਾ ਭਰੋਸਾ
ਹੜਤਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ’ਤੇ ‘ਨੋ ਵਰਕ ਨੋ ਪੇ’ ਦਾ ਸਿਧਾਂਤ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤਹਿਤ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ ਸਬੰਧੀ ਕਾਰਵਾਈ ਦੀ ਗੱਲ ਕਹੀ ਗਈ ਸੀ।
ਹੁਣ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਇਹ ਪੱਤਰ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਵੀ ਆਪਣਾ ਸੰਘਰਸ਼ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।
ਕਈ ਦਿਨਾਂ ਤੋਂ ਚੱਲ ਰਿਹਾ ਸੀ ਟਕਰਾਅ
ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ DA ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਣਾਅ ਬਣਿਆ ਹੋਇਆ ਸੀ। 8 ਸਤੰਬਰ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਇਆ ਅਤੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕੀਤੀ ਸੀ।
ਸਰਕਾਰ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਲਈ DA 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਸੀ, ਪਰ ਮੁਲਾਜ਼ਮ ਜਥੇਬੰਦੀਆਂ ਦੀਆਂ ਕਈ ਹੋਰ ਮੰਗਾਂ ਅਜੇ ਵੀ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਸਨ।
ਹੁਣ ਗੱਲਬਾਤ ਰਾਹੀਂ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖ਼ਤਮ ਹੋਣ ਨਾਲ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਮੁੜ ਆਮ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।




