ਮੱਧ ਪ੍ਰਦੇਸ਼ (9 ਮਈ 2023)
ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਖਰਗੋਨ ‘ਚ ਇਕ ਬੱਸ ਦੇ ਪੁਲ ਤੋਂ ਡਿੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ। ਐਸਪੀ ਧਰਮਵੀਰ ਸਿੰਘ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਖਰਗੋਨ ਬੱਸ
ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਹ ਹਾਦਸਾ ਮੰਗਲਵਾਰ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਕ ਯਾਤਰੀ ਬੱਸ ਪੁਲ ਤੋਂ ਡਿੱਗ ਗਈ। ਇਹ ਹਾਦਸਾ ਖਰਗੋਨ ਜ਼ਿਲੇ ਦੇ ਵੂਲ ਥਾਣੇ ਦੇ ਅਧੀਨ ਦਾਸਾਂਗਾ ਖੇਤਰ ਦੇ ਡੋਂਗਰਗਾਂਵ ਪੁਲ ‘ਤੇ ਵਾਪਰਿਆ। ਵੱਡੇ ਬੱਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ।
ਪੁਲਿਸ ਅਤੇ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਕੀਤੇ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਲਾਸ਼ਾਂ ਨੂੰ ਬਾਹਰ ਕੱਢ ਕੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਖਰਗੋਨ ਦੇ ਐਸਪੀ ਧਰਮਵੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਰਾਹਤ ਕਾਰਜ ਅਜੇ ਵੀ ਜਾਰੀ ਹਨ।