ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਹੰਗਾਮਾ ਕਰ ਦਿੱਤਾ। ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਅੱਠ ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਦੀ ਮੰਗ ਕਰ ਰਹੇ ਸਨ। ਓਮ ਬਿਰਲਾ ਨੇ ਕਿਹਾ ਕਿ ਜੇਕਰ ਤੁਸੀਂ ਸਦਨ ਵਿਚ ਮੇਜ਼ਾਂ ‘ਤੇ ਚੜ੍ਹੋਗੇ ਤਾਂ ਅਜਿਹੀ ਹੀ ਕਾਰਵਾਈ ਹੋਵੇਗੀ। ਸੰਸਦ ਦੀ ਸ਼ਾਨ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਇਸ ਤੋਂ ਬਾਅਦ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ਵਿਚ ਤਖ਼ਤੀਆਂ ਦਿਖਾ ਕੇ ਐਲ.ਪੀ.ਜੀ. ਸੰਕਟ ਦਾ ਵਿਰੋਧ ਕੀਤਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਸਰਕਾਰ ਨੇ ਸਦਨ ਵਿਚ ਐਲਪੀਜੀ ਅਤੇ ਤੇਲ ਦੀ ਕਮੀ ਅਤੇ ਵਧਦੀਆਂ ਕੀਮਤਾਂ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੱਤਾ ਸੀ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਵਿਚ ਪੈਟਰੋਲ, ਡੀਜ਼ਲ, ਮਿੱਟੀ ਦਾ ਤੇਲ ਜਾਂ ਹਵਾਬਾਜ਼ੀ ਟਰਬਾਈਨ ਫਿਊਲ (ਏਟੀਐਫ) ਦੀ ਕੋਈ ਕਮੀ ਨਹੀਂ ਹੈ।
ਵਿਰੋਧੀ ਧਿਰ ਨੇ ਪ੍ਰਸ਼ਨ ਕਾਲ ਦੌਰਾਨ ਐਲ.ਪੀ.ਜੀ. ਮੁੱਦੇ ‘ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਸੰਸਦ ਮੈਂਬਰਾਂ ਨੇ ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।










