ਹੁਸ਼ਿਆਰਪੁਰ(ਅਮਰੀਕ ਕੁਮਾਰ), 4 ਮਾਰਚ 2022
ਆਜ਼ਾਦ ਕਿਸਾਨ ਕਮੇਟੀ ਦੋਆਬਾ (ਪੰਜਾਬ) ਦੀ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਗਿਆ l ਇਸ ਤੋਂ ਪਹਿਲਾ ਅਜਾਦ ਕਿਸਾਨ ਕਮੇਟੀ ਦੋਆਬਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ l
ਇਸ ਮੌਕੇ ਸੂਬਾ ਪ੍ਰਧਾਨ ਹਰਪਾਲ ਸਿੰਘ ਸੰਘਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ ‘ਤੇ ਕਬਜ਼ਾ ਕੀਤਾ ਜਾ ਰਿਹਾ ਹੈ, ਜੋ ਭਾਰਤੀ ਸੰਵਿਧਾਨ ਦੀ ਸ਼ਰੇਆਮ ਉਲੰਘਣਾ ਹੈ l ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ‘ਤੇ ਕੀਤੇ ਜਾ ਰਹੇ ਹਮਲੇ ਤੁਰੰਤ ਰੋਕੇ ਜਾਣ, ਪੰਜਾਬ ‘ਚ ਭਾਖੜਾ ਬਿਆਸ ਮੈਨੇਜਮੈਂਟ ‘ਚ ਪੰਜਾਬ ਤੇ ਹਰਿਆਣਾ ਸਰਕਾਰ ਦੀ ਸ਼ਰਤੀਆ ਨੂਮਾਇੰਦਗੀ ਨੂੰ ਰੱਦ ਕਰਨ ਵਾਲਾ ਫ਼ੈਸਲਾ ਵਾਪਸ ਲਿਆ ਜਾਵੇl
ਕੇਂਦਰ ਤੁਰੰਤ ਪ੍ਰਭਾਵ ਨਾਲ ਸੂਬਿਆਂ ਦੇ ਡੈਮਾਂ ਅਤੇ ਪਾਣੀਆਂ ਨੂੰ ਹਥਿਆਉਣ ਵਾਲੇ ਡੈਮ ਸੇਫਟੀ ਬਿੱਲ-2021 ਨੂੰ ਰੱਦ ਕਰੇ, ਕੁਦਰਤੀ ਸਰੋਤਾਂ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਚੰਡੀਗੜ੍ਹ ਦੇ ਬਿਜਲੀ ਬੋਰਡ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ, ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ l