ਮਾਨਸਾ( ਭੀਸ਼ਮ ਗੋਇਲ), 18 ਅਪ੍ਰੈਲ 2022
ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਸਵੀਕਾਰ ਕੀਤੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 11 ਅਪ੍ਰੈਲ ਤੋਂ ਮਨਾਏ ਜਾ ਰਹੇ ਰੋਸ ਹਫਤੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਸਵੀਕਾਰ ਕੀਤੀਆਂ ਮੰਗਾਂ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਗਈ।
ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸ਼ਿੰਗਾਰਾ ਸਿੰਘ, ਇੰਦਰਜੀਤ ਸਿੰਘ ਅਤੇ ਜੋਗਿੰਦਰ ਸਿੰਘ ਨੇ ਕਿਹਾ ਕਿਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ 11 ਅਪ੍ਰੈਲ ਤੋਂ ਮਨਾਏ ਜਾ ਰਹੇ ਰੋਸ ਹਫ਼ਤੇ ਤਹਿਤ ਅੱਜ ਮਾਨਸਾ ਵਿੱਚ ਧਰਨਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਦਿੱਲੀ ਅੰਦੋਲਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮ.ਐਸ.ਪੀ. ਕਾਨੂੰਨ ਬਣਾਉਣ ਲਈ ਕਮੇਟੀ ਦੇ ਗਠਨ ਦਾ ਵਾਅਦਾ ਕੀਤਾ ਸੀl
ਪਰ ਹਾਲੇ ਤੱਕ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕੇ ਸਰਕਾਰ ਵੱਲੋਂ ਪੰਜਾਬ ਵਿੱਚ ਕਿਸਾਨਾਂ ਨੂੰ 3 ਫਸਲਾਂ ਤੋ ਇਲਾਵਾ ਕਿਸੇ ਫ਼ਸਲ ਤੇ ਐਮ.ਐਸ.ਪੀ. ਨਹੀਂ ਮਿਲਦੀ ਅਤੇ ਸਾਡੀ ਮੰਗ ਹੈ ਕਿ ਸਰਕਾਰ ਦੇਸ਼ ਭਰ ਵਿੱਚ ਸਾਰੀਆਂ ਫ਼ਸਲਾਂ ਉੱਪਰ ਐਮ.ਐਸ.ਪੀ. ਦੇਣ ਦੀ ਗਰੰਟੀ ਕਰੇ।