ਬਾਬਾ ਬਕਾਲਾ ਸਾਹਿਬ, 16 ਜਨਵਰੀ (ਸਕਾਈ ਨਿਊਜ਼ ਬਿਊਰੋ)
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਰੋਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ’ਤੇ ਮਨਾਉਣਗੇ। ਇਸ ਸਬੰਧੀ ਜਿੱਥੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਵੀ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ, ਜਿੱਥੇ ਨੌਵੇਂ ਪਾਤਸ਼ਾਹ ਜੀ ਨੇ ਸਭ ਤੋਂ ਵੱਧ 26 ਸਾਲ 9 ਮਹੀਨੇ 13 ਦਿਨ ਘੋਰ ਤਪੱਸਿਆ ਕੀਤੀ ਸੀ, ਦੇ ਵਿਕਾਸ ਲਈ ਯਤਨ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਇਸ ਅਸਥਾਨ ਤੋਂ ਹੀ ਸੌਦਾਗਰ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਬੇੜਾ ਪਾਰ ਲਗਾਇਆ ਸੀ। ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਇਸ ਸ਼ਤਾਬਦੀ ਸਮਾਰੋਹ ਨੂੰ ਸੂਬਾ ਪੱਧਰ ’ਤੇ ਮਨਾਉਣ ਜਾ ਰਹੀ ਹੈ ਅਤੇ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਦਾ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਾਂਗ ਵਿਕਾਸ ਕਰਵਾਉਣਾ ਚਾਹੁੰਦੀ ਹੈ।
ਸ਼ਤਾਬਦੀ ਸਮਾਰੋਹ ਨੂੰ ਮੁੱਖ ਰੱਖਦਿਆਂ ਸਥਾਨਕ ਪੰਚਾਇਤ ਵੱਲੋਂ ਵੀ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਅਤੇ ਹੋਰ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਸ਼ਤਾਬਦੀ ਸਮਾਰੋਹ 1 ਮਈ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ, ਮੈਨੇਜਰ ਸਤਿੰਦਰ ਸਿੰਘ ਬਾਜਵਾ ਅਤੇ ਮੀਤ ਮੈਨੇਜਰ ਮੋਹਨ ਸਿੰਘ ਕੰਗ ਹਾਜ਼ਰ ਸਨ।