ਮਾਨਸਾ( ਭੀਸ਼ਮ ਗੋਇਲ), 24 ਜੂਨ 2022
ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਬੇਰਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਬੀਕੇਯੂ ਉਗਰਾਹਾਂ ਵੱਲੋਂ ਮਾਨਸਾ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਕਿਸਾਨ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਉਗਰਾਹਾਂ ਵੱਲੋਂ ਪੂਰੇ ਪੰਜਾਬ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਇਸ ਯੋਜਨਾ ਵਿਚ ਨੌਜਵਾਨਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ ਅਤੇ ਚਾਰ ਸਾਲਾਂ ਬਾਅਦ ਕੋਈ ਵੀ ਪੈਨਸ਼ਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਰੇ ਹੀ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਹੁਣ ਫੌਜ ਦਾ ਨਿੱਜੀਕਰਨ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਵਿਰੋਧੀ ਹੈ ਅਤੇ ਸਾਡੀ ਮੰਗ ਹੈ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਬੀਕੇਯੂ ਡਕੌਂਦਾ ਦੇ ਜ਼ਿਲਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਨਿਆਂ ਦੀ ਨਵੀਂ ਯੋਜਨਾ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਅੱਜ ਜ਼ਿਲ੍ਹਾ ਹੈਡਕੁਆਟਰਾਂ ਦੇ ਧਰਨੇ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੰਦਭਾਗਾ ਹੈ l
ਕਿਉਂਕਿ ਚਾਰ ਸਾਲ ਫ਼ੌਜ ਵਿਚ ਲਗਾਉਣ ਤੋਂ ਬਾਅਦ ਨੌਜਵਾਨਾਂ ਕੋਲ ਕੋਈ ਵੀ ਰੁਜ਼ਗਾਰ ਨਹੀਂ ਰਹੇਗਾ। ਉਹਨਾਂ ਮੰਗ ਕੀਤੀ ਕਿ ਬਾਕੀ ਸਰਕਾਰੀ ਅਦਾਰਿਆਂ ਦੀ ਤਰ੍ਹਾਂ ਫੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਤੈਅ ਸਮੇਂ ਬਾਅਦ ਰਿਟਾਇਰ ਕੀਤਾ ਜਾਵੇ ਅਤੇ ਬਣਦੀ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫੈਸਲਾ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।