ਸ੍ਰੀ ਫਤਹਿਗੜ੍ਹ ਸਾਹਿਬ, 12 ਮਈ- (ਜਗਦੇਵ )
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਫ਼ਤਹਿ ਮਾਰਚ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ।
ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਜੁਲਮ ਦਾ ਖਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਅਸਥਾਨ ’ਤੇ ਜਾਲਮ ਹਕੂਮਤ ’ਤੇ ਫ਼ਤਹਿ ਹਾਸਲ ਕੀਤੀ।
ਉਨ੍ਹਾਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਹਿ ਕਰਨ ਦਾ ਇਤਿਹਾਸ ਸਿੱਖ ਕੌਮ ਲਈ ਅਹਿਮ ਹੈ ਅਤੇ ਇਸ ਇਤਿਹਾਸ ਤੋਂ ਕੌਮ ਦੀ ਆਉਣ ਵਾਲੀ ਪੀੜ੍ਹੀ ਨੂੰ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਤਹਿ ਮਾਰਚ ਵਿਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਸਿੱਖ ਯੋਧਿਆਂ ਨੇ ਇਸ ਧਰਤੀ ’ਤੇ ਇਤਿਹਾਸ ਸਿਰਜਿਆ।ਉਨ੍ਹਾਂ ਕਿਹਾ ਕਿ ਭਾਵੇਂ ਦੁਸ਼ਮਣ ਦੀ ਫ਼ੌਜ ਦੀ ਗਿਣਤੀ ਦੁਗਣੀ ਸੀ,ਪਰ ਖਾਲਸੇ ਨੇ ਗੁਰੂ ਦੀ ਓਟ ਨਾਲ ਫ਼ਤਹਿ ਹਾਸਲ ਕੀਤੀ। ਸ. ਪੰਜੋਲੀ ਨੇ ਕਿਹਾ ਕਿ ਅੱਜ ਦੇ ਇਸ ਦਿਨ ਨੂੰ ਸਾਰੇ ਧਰਮਾਂ ਦੇ ਲੋਕਾਂ ਨੂੰ ਮਨਾਉਣਾ ਚਾਹੀਦਾ ਹੈ l
ਕਿਉਂਕਿ ਇਸ ਨਾਲ ਜ਼ੁਲਮੀ ਰਾਜ ਦੀ ਜੜ੍ਹ ਪੁੱਟਣ ਦੀ ਸ਼ੁਰੂਆਤ ਹੋਈ ਸੀ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਗਿਆਨੀ ਹਰਪਾਲ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ। ਰਸਤੇ ਵਿਚ ਸੰਗਤਾਂ ਵੱਲੋਂ ਫ਼ਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।
ਚੱਪੜਚਿੜੀ ਤੋਂ ਆਰੰਭ ਹੋਇਆ ਫ਼ਤਹਿ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਇਆ ਸੰਪੰਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਸਜਾਇਆ ਗਿਆ ਫਤਹਿ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਪੰਨ ਹੋਇਆ। ਇਸ ਦੌਰਾਨ ਸਰਹਿੰਦ ਫ਼ਤਹਿ ਨਾਲ ਸਬੰਧਤ ਇਤਿਹਾਸਕ ਥੇਹ ਵਿਖੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਅਰਦਾਸ ਕੀਤੀ ਅਤੇ ਖ਼ਾਲਸਈ ਜੈਕਾਰੇ ਗਜਾ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਜਲੌ ਦਾ ਪ੍ਰਗਟਾਵਾ ਕੀਤਾ।
ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਫ਼ਤਹਿ ਮਾਰਚ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਦਾ ਪ੍ਰਤੀਕ ਹੈ, ਜਿਸ ਵਿਚ ਸਮੂਹ ਸੰਗਤਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਫ਼ਤਹਿ ਮਾਰਚ ਵਿਚ ਸ਼ਾਮਲ ਹੋਈਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਰਾਜਸੀ, ਸਮਾਜਿਕ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।